ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ ਤੇ ਕਿਸਾਨਾਂ ਨੇ ਦਿੱਤੇ ਇਹ ਸੁਝਾਅ
ਚੰਡੀਗਡ਼੍ਹ, 17 ਅਪ੍ਰੈਲ:
ਸੂਬੇ ਵਿੱਚ ਪਾਣੀ ਦੇ ਤੇਜੀ ਨਾਲ ਘਟ ਰਹੇ ਪੱਧਰ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਦੇ ਮੱਦੇਨਜਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਕਿਸਾਨਾਂ ਨੂੰ ਇਸ ਸਾਉਣੀ ਸੀਜਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਦੀ ਤਕਨੀਕ ਨੂੰ ਵੱਡੇ ਪੱਧਰ ’ਤੇ ਅਪਣਾਉਣ ਦੀ ਅਪੀਲ ਕੀਤੀ।
ਅੱਜ ਦੁਪਹਿਰ ਪੰਜਾਬ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦੇ ਕੋਆਰਡੀਨੇਟਰ ਡਾ. ਦਰਸਨ ਪਾਲ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਮੀਟਿੰਗ ਵਿੱਚ ਹਾਜਰ 23 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਸੂਬਾ ਸਰਕਾਰ ਨੂੰ ਖੇਤੀਬਾਡ਼ੀ ਖੇਤਰ ਲਈ ਪਡ਼ਾਅਵਾਰ ਢੰਗ ਨਾਲ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਉਣ ਲਈ ਸੁਝਾਅ ਮੰਗੇ ਜਿਸ ਨਾਲ ਕਿਸਾਨਾਂ ਨੂੰ ਡੀ.ਐਸ.ਆਰ. ਤਕਨੀਕ ਅਤੇ ਰਵਾਇਤੀ ਢੰਗ ਨਾਲ ਝੋਨਾ ਬੀਜਣ ਦੌਰਾਨ ਬਿਜਲੀ ਦੀ ਬਿਹਤਰ ਸਹੂਲਤ ਮਿਲ ਸਕੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪਡ਼ਾਅਵਾਰ ਢੰਗ ਨਾਲ ਬਿਜਲੀ ਸਪਲਾਈ ਦਾ ਇਹ ਪ੍ਰਸਤਾਵ ਝੋਨੇ ਦੀ ਬਿਜਾਈ ਦੌਰਾਨ ਬਿਜਲੀ ਦੇ ਪੀਕ ਲੋਡ ਤੋਂ ਬਚਣ ਵਿੱਚ ਬਹੁਤ ਮਦਦਗਾਰ ਸਾਬਿਤ ਹੋਵੇਗਾ। ਉਨ੍ਹਾਂ ਨੇ ਸੁਝਾਅ ਦਿੰਦਿਆਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਰਾਹੀਂ ਖੇਤਰ ਦੀ ਮੰਗ ਅਨੁਸਾਰ ਬਰਾਬਰ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਇਸ ਤਰ੍ਹਾਂ ਪੂਰੇ ਸੂਬੇ ਨੂੰ ਚਾਰ ਜੋਨਾਂ ਵਿੱਚ ਵੰਡਿਆ ਜਾਵੇ। ਮਾਨ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਪਾਣੀ ਅਤੇ ਬਿਜਲੀ ਦੀ ਬੱਚਤ ਕਰਨ ਦੇ ਮੱਦੇਨਜਰ ਕਿਸਾਨਾਂ ਨੂੰ ਝੋਨੇ ਦੇ ਸੀਜਨ ਦੌਰਾਨ ਡੀ.ਐਸ.ਆਰ. ਤਕਨੀਕ ਅਪਣਾਉਣ ਪਿੰਡ-ਪਿੰਡ ਜਾ ਕੇ ਪ੍ਰੇਰਿਤ ਕੀਤਾ ਜਾਵੇ।
ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ ’ਤੇ ਮੁਲਾਕਾਤ ਕੀਤੀ ਗਈ ਅਤੇ ਸੂਬੇ ਵਿੱਚ ਡੀਐਸਆਰ ਤਕਨੀਕ ਨਾਲ ਝੋਨੇ ਦੀ ਬਿਜਾਈ ਕਰਨ ਬਾਰੇ ਉਨ੍ਹਾਂ ਤੋਂ ਵਿਚਾਰ ਲਏ। ਪੰਜਾਬ ਖੇਤੀਬਾਡ਼ੀ ਯੂਨੀਵਰਸਿਟੀ ਦੇ ਮਾਹਿਰਾਂ ਵੱਲੋਂ ਕੀਤੇ ਅਧਿਐਨ ਦੇ ਨਤੀਜਿਆਂ ’ਤੇ ਡੂੰਘੀ ਚਿੰਤਾ ਜਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਲੁਆਈ ਤੋਂ ਵਾਤਾਵਰਣ ਪੱਖੀ ਅਤੇ ਆਰਥਿਕ ਤੌਰ ’ਤੇ ਲਾਹੇਵੰਦ ਡੀਐਸਆਰ ਤਕਨੀਕ ਵੱਲ ਮੁਡ਼ਣ ਦਾ ਇਹ ਢੁਕਵਾਂ ਸਮਾਂ ਹੈ , ਜੋ ਕਿ ਧਰਤੀ ਹੇਠਲੇ ਪਾਣੀ ਨੂੰ 15 ਤੋਂ 20 ਫੀਸਦ ਤੱਕ ਬਚਾਉਣ ਵਿੱਚ ਸਹਾਈ ਹੋਵੇਗਾ। ਇਸਦੇ ਨਾਲ ਹੀ ਧਰਤੀ ਹੇਠਲੇ ਪਾਣੀ ਨੂੰ 10- 15 ਫੀਸਦ ਤੱਕ ਰੀਚਾਰਜ ਵੀ ਕੀਤਾ ਜਾ ਸਕੇਗਾ ਅਤੇ ਇਸ ਨਾਲ ਝੋਨੇ ਦੀ ਲੁਆਈ ਦੌਰਾਨ ਲੇਬਰ ਸਮੇਤ ਲਾਗਤ ਖਰਚੇ ’ਤੇ ਲਗਭਗ 3000 ਰੁਪਏ ਪ੍ਰਤੀ ਏਕਡ਼ ਦੀ ਬੱਚਤ ਹੋਵੇਗੀ।
ਕਿਸਾਨਾਂ ਨੂੰ ਗੰਨਾ, ਮੱਕੀ, ਦਾਲਾਂ ਅਤੇ ਤੇਲ ਬੀਜਾਂ ਵਰਗੀਆਂ ਬਦਲਵੀਆਂ ਫਸਲਾਂ ਦੀ ਬਿਜਾਈ ਰਾਹੀਂ ਖੇਤੀ ਵੰਨ-ਸੁਵੰਨਤਾ ਪ੍ਰਤੀ ਪ੍ਰੇਰਿਤ ਕਰਨ ਲਈ ਭਗਵੰਤ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਇਨ੍ਹਾਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦਾ ਮਾਮਲਾ ਕੇਂਦਰ ਸਰਕਾਰ ਕੋਲ ਉਠਾਏਗੀ। ਉਨ੍ਹਾਂ ਕਿਹਾ ਕਿ ਮਾਰਕਫੈੱਡ ਵਰਗੀਆਂ ਸੂਬਾਈ ਏਜੰਸੀਆਂ ਨੂੰ ਵੀ ਉਪਰੋਕਤ ਬਦਲਵੀਆਂ ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ਉਤੇ ਖਰੀਦ ਕਰਨ ਲਈ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਘੱਟ ਸਮੇਂ ਵਿਚ ਪੱਕ ਕੇ ਤਿਆਰ ਹੋਣ ਵਾਲੀਆਂ ਝੋਨੇ ਦੀਆਂ ਕਿਸਮਾਂ ਪੀ.ਆਰ. 126 ਅਤੇ ਪੀ.ਆਰ. 121 ਦੀ ਬਿਜਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪੂਸਾ-144 ਕਿਸਮ ਦੀ ਬਿਜਾਈ ਨੂੰ ਨਿਰਉਤਸ਼ਾਹਤ ਕੀਤਾ ਜਾਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਜਮੀਨੀ ਪੱਧਰ ਉਤੇ ਕਿਸਾਨਾਂ ਨੂੰ ਬਾਸਮਤੀ ਲਾਉਣ ਲਈ ਉਤਸ਼ਾਹਤ ਕੀਤਾ ਜਾਵੇਗਾ ਕਿਉਂ ਜੋ ਇਹ ਫਸਲ ਝੋਨੇ ਦੇ ਮੁਕਾਬਲੇ ਪਾਣੀ ਦੀ ਘੱਟ ਖਪਤ ਕਰਨ ਦੇ ਨਾਲ-ਨਾਲ ਚੰਗਾ ਭਾਅ ਵੀ ਦਿੰਦੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਬਾਸਮਤੀ ਦੀ ਖਰੀਦ ਲਈ ਮੰਡੀਕਰਨ ਵਾਸਤੇ ਹਰ ਸੰਭਵ ਸਹਿਯੋਗ ਕਰੇਗੀ।
ਨਹਿਰੀ ਸਿੰਚਾਈ ਨੂੰ ਬਹਾਲ ਕਰਨ ਦੀ ਲੋਡ਼ ਉਤੇ ਜੋਰ ਦਿੰਦਿਆਂ ਮੁੱਖ ਮੰਤਰੀ ਨੇ ਜਲ ਸਰੋਤ ਵਿਭਾਗ ਨੂੰ ਨਹਿਰਾਂ, ਖਾਲਿਆਂ ਅਤੇ ਕੱਸੀਆਂ ਦੀ ਸਫਾਈ ਲਈ ਤੁਰੰਤ ਵਿਸਥਾਰਤ ਕਾਰਜ ਯੋਜਨਾ ਉਲੀਕਣ ਦੇ ਆਦੇਸ਼ ਦਿੱਤੇ ਤਾਂ ਕਿ ਟੇਲਾਂ ਤੱਕ ਪਾਣੀ ਦੀ ਪਹੁੰਚ ਯਕੀਨੀ ਬਣਾਈ ਜਾ ਸਕੇ।
ਮੀਟਿੰਗ ਵਿਚ ਸਿਹਤ ਮੰਤਰੀ ਡਾ. ਵਿਜੇ ਸਿੰਗਲਾ, ਮੁੱਖ ਸਕੱਤਰ ਅਨਿਰੁਧ ਤਿਵਾਡ਼ੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਜਲ ਸਰੋਤ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ, ਵਿੱਤ ਕਮਿਸ਼ਨਰ ਖੇਤੀਬਾਡ਼ੀ ਡੀ.ਕੇ. ਤਿਵਾਡ਼ੀ, ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਪਾਵਰਕਾਮ ਬਲਦੇਵ ਸਿੰਘ ਸਰਾ, ਸਕੱਤਰ ਖੇਤੀਬਾਡ਼ੀ ਦਿਲਰਾਜ ਸਿੰਘ, ਸਕੱਤਰ ਮਾਲ ਮਨਵੇਸ਼ ਸਿੰਘ ਸਿੱਧੂ ਅਤੇ ਖੇਤੀਬਾਡ਼ੀ ਡਾਇਰੈਕਟਰ ਗੁਰਵਿੰਦਰ ਸਿੰਘ ਹਾਜਰ ਸਨ।

Comments
Post a Comment