ਨੌਕਰੀਆਂ ਦੀ ਝਡ਼ੀ ਲਗਾਵੇਗੀ ਪੰਜਾਬ ਸਰਕਾਰ, ਦੇਖੋ ਕਿੰਨੀਆਂ ਅਸਾਮੀਆਂ ਨੂੰ ਦਿੱਤੀ ਪ੍ਰਵਾਨਗੀ
ਪੰਜਾਬ ਮੰਤਰੀ ਮੰਡਲ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ਲਈ ਭਰਤੀ ਨੂੰ ਪ੍ਰਵਾਨਗੀ
ਭਰਤੀ ਮੁਹਿੰਮ ਲਈ ਮੁੱਖ ਵਿਭਾਗਾਂ ਵਿੱਚ ਗ੍ਰਹਿ ਮਾਮਲੇ, ਸਕੂਲ ਸਿੱਖਿਆ, ਸਿਹਤ, ਬਿਜਲੀ ਅਤੇ ਤਕਨੀਕੀ ਸਿੱਖਿਆ ਸ਼ਾਮਿਲ
ਚੰਡੀਗਡ਼੍ਹ, 2 ਮਈ
ਨੌਜਵਾਨਾਂ ਨੂੰ ਰੁਜ਼ਗਾਰ ਦੇ ਲਾਹੇਵੰਦ ਮੌਕੇ ਪ੍ਰਦਾਨ ਕਰਨ ਲਈ ਇੱਕ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਸਰਕਾਰ ਨੇ ਨੌਕਰੀਆਂ ਦੀ ਝਡ਼ੀ ਲਗਾ ਦਿੱਤੀ ਹੈ। ਅੱਜ ਮੰਤਰੀ ਮੰਡਲ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ’ਤੇ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸਬੰਧੀ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਇਹ ਅਸਾਮੀਆਂ ਗਰੁੱਪ ਏ, ਬੀ ਅਤੇ ਸੀ ਨਾਲ ਸਬੰਧਤ ਹਨ। ਇਸ ਪ੍ਰਕਿਰਿਆ ਵਿੱਚ ਮੁੱਖ ਤੌਰ ’ਤੇ ਗ੍ਰਹਿ ਮਾਮਲੇ, ਸਕੂਲ ਸਿੱਖਿਆ, ਸਿਹਤ, ਬਿਜਲੀ ਅਤੇ ਤਕਨੀਕੀ ਸਿੱਖਿਆ ਵਿਭਾਗ ਸ਼ਾਮਿਲ ਹੋਣਗੇ। ਮੰਤਰੀ ਮੰਡਲ ਨੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਭਰਤੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਗਰੁੱਪ-ਸੀ ਦੀਆਂ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਨਹੀਂ ਲਈ ਜਾਵੇਗੀ। ਇਹ ਫੈਸਲਾ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਸਹਾਈ ਹੋਵੇਗਾ। ਇਸ ਤੋਂ ਇਲਾਵਾ ਇਹ ਕਦਮ ਸਰਕਾਰੀ ਵਿਭਾਗਾਂ ਦੇ ਕੰਮਕਾਜ ਨੂੰ ਵੀ ਬੇਹਤਰ ਕਰੇਗਾ ਕਿਉਂਕਿ ਉਹ ਜਿੱਥੇ ਇਹ ਇੱਕ ਪਾਸੇ ਲੋਡ਼ੀਂਦੇ ਮਨੁੱਖੀ ਸਰੋਤ ਨਾਲ ਕੰਮ ਕਰਨਾ ਸ਼ੁਰੂ ਕਰਨਗੇ, ਉਥੇ ਦੂਜੇ ਪਾਸੇ ਰਾਜ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨਗੇ।

Comments
Post a Comment